ਭਾਰਤ-ਪਾਕਿਸਤਾਨ ਸਬੰਧ: ਭਾਰਤ ਨੇ ਸੰਯੁਕਤ ਰਾਸ਼ਟਰ (ਯੂ.ਐਨ.) ਵਿੱਚ ਪਾਕਿਸਤਾਨ ਨੂੰ ਇੱਕ ਵਾਰ ਫਿਰ ਫਟਕਾਰ ਲਗਾਈ ਹੈ। ਜਦੋਂ ਤੋਂ ਪਾਕਿਸਤਾਨ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਅਸਥਾਈ ਮੈਂਬਰ ਚੁਣਿਆ ਗਿਆ ਹੈ, ਉਦੋਂ ਤੋਂ ਹੀ ਭਾਰਤ ਵਿਰੁੱਧ ਉਸ ਦੀ ਬਿਆਨਬਾਜ਼ੀ ਵਧਦੀ ਜਾ ਰਹੀ ਹੈ। ਅਜਿਹੇ ‘ਚ ਉਹ ਸੰਯੁਕਤ ਰਾਸ਼ਟਰ ਦੇ ਸਾਰੇ ਮੰਚਾਂ ਦੀ ਵਰਤੋਂ ਭਾਰਤ ਖਿਲਾਫ ਜ਼ਹਿਰ ਉਗਲਣ ਲਈ ਕਰ ਰਿਹਾ ਹੈ। ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਦੀ ਬੈਠਕ ‘ਚ ਭਾਰਤ ‘ਚ ਘੱਟ ਗਿਣਤੀਆਂ ਦੇ ਅਧਿਕਾਰਾਂ ਦਾ ਮੁੱਦਾ ਚੁੱਕਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਜੰਮੂ-ਕਸ਼ਮੀਰ ‘ਚ ਮੁਸਲਮਾਨਾਂ ‘ਤੇ ਅੱਤਿਆਚਾਰ ਦਾ ਦੋਸ਼ ਲਗਾਇਆ। ਹਾਲਾਂਕਿ ਭਾਰਤ ਨੇ ਉਸੇ ਮੰਚ ‘ਤੇ ਪਾਕਿਸਤਾਨ ਨੂੰ ਮੂੰਹਤੋੜ ਜਵਾਬ ਦਿੱਤਾ ਅਤੇ ਗੁਆਂਢੀ ਦੇਸ਼ ਨੂੰ ਚੁੱਪ ਕਰਾਇਆ।
ਸੰਯੁਕਤ ਰਾਸ਼ਟਰ ‘ਚ ਭਾਰਤ ਦੀ ਕਾਨੂੰਨੀ ਸਲਾਹਕਾਰ ਕਾਜਲ ਭੱਟ ਨੇ ਸੰਯੁਕਤ ਰਾਸ਼ਟਰ ‘ਚ ਪਾਕਿਸਤਾਨ ਦੀ ਆਲੋਚਨਾ ਕਰਦੇ ਹੋਏ ਕਿਹਾ, “ਪਾਕਿਸਤਾਨ ਅਜਿਹਾ ਦੇਸ਼ ਹੈ ਜੋ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਲਗਾਤਾਰ ਉਲੰਘਣਾ ਕਰਦਾ ਹੈ। ਪਾਕਿਸਤਾਨ ਅੱਤਵਾਦ ਦਾ ਕੇਂਦਰ ਹੈ।” ਉਨ੍ਹਾਂ ਸੰਬੋਧਨ ਦੌਰਾਨ ਪਾਕਿਸਤਾਨ ਵੱਲੋਂ ਪੂਰਬੀ ਪਾਕਿਸਤਾਨ (ਬੰਗਲਾਦੇਸ਼) ਵਿੱਚ ਕੀਤੀ ਨਸਲਕੁਸ਼ੀ ਦੀ ਵੀ ਯਾਦ ਦਿਵਾਉਂਦਿਆਂ ਕਿਹਾ ਕਿ ਅੱਜ ਤੱਕ ਪਾਕਿਸਤਾਨ ਨੇ ਇਸ ਲਈ ਮੁਆਫ਼ੀ ਨਹੀਂ ਮੰਗੀ।
ਪਾਕਿਸਤਾਨ ਵਿੱਚ ਘੱਟ ਗਿਣਤੀਆਂ ‘ਤੇ ਅੱਤਿਆਚਾਰ
ਪਾਕਿਸਤਾਨ ਪਹਿਲਾਂ ਹੀ ਘੱਟ ਗਿਣਤੀਆਂ ‘ਤੇ ਜ਼ੁਲਮ ਲਈ ਪੂਰੀ ਦੁਨੀਆ ‘ਚ ਬਦਨਾਮ ਹੈ ਅਤੇ ਹਰ ਰੋਜ਼ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਅੱਜ ਵੀ ਉਥੇ ਘੱਟ ਗਿਣਤੀਆਂ ‘ਤੇ ਅੱਤਿਆਚਾਰ ਹੋ ਰਹੇ ਹਨ। ਪਾਕਿਸਤਾਨ ਵਿਚ ਘੱਟ ਗਿਣਤੀਆਂ ਦੀ ਆਬਾਦੀ ਆਜ਼ਾਦੀ ਤੋਂ ਬਾਅਦ ਲਗਾਤਾਰ ਘਟਦੀ ਜਾ ਰਹੀ ਹੈ। ਇਸ ਸਮੇਂ ਪਾਕਿਸਤਾਨ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਘੱਟ ਗਿਣਤੀਆਂ ਹੁਣ ਸਿਰਫ਼ ਨਾਮ ਤੱਕ ਹੀ ਰਹਿ ਗਈਆਂ ਹਨ। ਇਨ੍ਹਾਂ ਹਾਲਾਤਾਂ ਦੇ ਬਾਵਜੂਦ ਪਾਕਿਸਤਾਨ ਦਾ ਬਹੁਗਿਣਤੀ ਕੱਟੜਪੰਥੀ ਭਾਈਚਾਰਾ ਹਿੰਦੂਆਂ, ਸਿੱਖਾਂ ਅਤੇ ਈਸਾਈਆਂ ‘ਤੇ ਲਗਾਤਾਰ ਜ਼ੁਲਮ ਕਰ ਰਿਹਾ ਹੈ। ਪਾਕਿਸਤਾਨ ‘ਚ ਗੈਰ-ਮੁਸਲਿਮ ਲੋਕਾਂ ‘ਤੇ ਧਰਮ ਪਰਿਵਰਤਨ ਲਈ ਦਬਾਅ ਪਾਇਆ ਜਾਂਦਾ ਹੈ, ਜਦਕਿ ਪਾਕਿਸਤਾਨੀ ਪੁਲਸ ਵੀ ਇਸ ਮਾਮਲੇ ‘ਚ ਕੋਈ ਖਾਸ ਕਾਰਵਾਈ ਕਰਨ ਦੇ ਸਮਰੱਥ ਨਹੀਂ ਹੈ।