IMD ਮੌਸਮ ਪੂਰਵ ਅਨੁਮਾਨ: ਉੱਤਰੀ ਭਾਰਤ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਕੜਾਕੇ ਦੀ ਗਰਮੀ ਕਾਰਨ ਜਨਜੀਵਨ ਮੁਹਾਲ ਹੋਇਆ ਪਿਆ ਹੈ। ਲੋਕ ਮੀਂਹ ਦੀ ਆਸ ਲਾਈ ਬੈਠੇ ਹਨ। ਇਸ ਦੌਰਾਨ, ਮੌਸਮ ਵਿਭਾਗ ਨੇ ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਆਈਐਮਡੀ ਮੁਤਾਬਕ ਉੱਤਰੀ ਭਾਰਤ ਵਿੱਚ ਕੁਝ ਹੋਰ ਦਿਨਾਂ ਤੱਕ ਤੇਜ਼ ਗਰਮੀ ਜਾਰੀ ਰਹੇਗੀ। ਅਗਲੇ ਦੋ ਦਿਨਾਂ ਤੱਕ ਪੂਰਬੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਾ ਹੋਣ ਦੀ ਸੰਭਾਵਨਾ ਹੈ।
ਉੱਤਰ-ਪੂਰਬ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ
ਮੌਸਮ ਵਿਭਾਗ ਅਨੁਸਾਰ ਅਗਲੇ ਸੱਤ ਦਿਨਾਂ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 15 ਅਤੇ 16 ਜੂਨ ਨੂੰ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ (>204.4 ਮਿਲੀਮੀਟਰ) ਦੀ ਸੰਭਾਵਨਾ ਹੈ। ਇਸ ਕਾਰਨ ਇਨ੍ਹਾਂ ਇਲਾਕਿਆਂ ‘ਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਆਈਐਮਡੀ ਦੇ ਅਨੁਸਾਰ, ਅਗਲੇ ਪੰਜ ਦਿਨਾਂ ਵਿੱਚ ਉੱਤਰ-ਪੂਰਬੀ ਰਾਜਾਂ ਸਿੱਕਮ, ਅਸਮ, ਅਰੁਣਾਚਲ ਪ੍ਰਦੇਸ਼, ਮਿਜ਼ੋਰਮ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸ਼ਨੀਵਾਰ (15 ਜੂਨ) ਨੂੰ ਪੱਛਮੀ ਬੰਗਾਲ ਅਤੇ ਸਿੱਕਮ ‘ਚ ਕਈ ਥਾਵਾਂ ‘ਤੇ ਭਾਰੀ ਮੀਂਹ ਦਰਜ ਕੀਤਾ ਗਿਆ।
ਉੱਤਰੀ ਭਾਰਤ ਵਿੱਚ ਹੀਟਵੇਵ ਦੀ ਸੰਭਾਵਨਾ
ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਅਗਲੇ ਕੁਝ ਦਿਨਾਂ ਤੱਕ ਗਰਮੀ ਦਾ ਕਹਿਰ ਬਣਿਆ ਰਹੇਗਾ। ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ 17 ਤੋਂ 19 ਜੂਨ, 2024 ਤੱਕ ਗੰਭੀਰ ਹੀਟਵੇਵ ਦੇ ਹਾਲਾਤ ਬਣੇ ਰਹਿਣਗੇ। 18 ਜੂਨ, 2024 ਨੂੰ ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ, ਪੰਜਾਬ ਅਤੇ ਰਾਜਸਥਾਨ ਦੇ ਵੱਖ-ਵੱਖ ਸਥਾਨਾਂ ‘ਤੇ ਗਰਮੀ ਦੀ ਸੰਭਾਵਨਾ ਹੈ।
ਆਈਐਮਡੀ ਦੇ ਅਨੁਸਾਰ, 16 ਜੂਨ, 2024 ਨੂੰ ਬਿਹਾਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਭਿਆਨਕ ਗਰਮੀ ਦੀ ਲਹਿਰ ਹੋਵੇਗੀ। ਅਗਲੇ 4-5 ਦਿਨਾਂ ਵਿੱਚ, ਦੱਖਣ-ਪੱਛਮੀ ਮਾਨਸੂਨ ਮਹਾਰਾਸ਼ਟਰ, ਛੱਤੀਸਗੜ੍ਹ, ਉੜੀਸਾ, ਤੱਟੀ ਆਂਧਰਾ ਪ੍ਰਦੇਸ਼ ਅਤੇ ਉੱਤਰ-ਪੂਰਬੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਆ ਸਕਦਾ ਹੈ।